ਖੂਨ ਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ: ਵਧੀਕ ਡਿਪਟੀ ਕਮਿਸ਼ਨਰ
ਖੂਨ ਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ: ਵਧੀਕ ਡਿਪਟੀ ਕਮਿਸ਼ਨਰ ਰੈਡ ਕਰਾਸ ਸੁਸਾਇਟੀ ਨੇ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਤੇ ਵਿਸ਼ਵ ਖੂਨਦਾਤਾ ਦਿਵਸ ਮੌਕੇ ਲਗਾਇਆ ਖੂਨਦਾਨ ਕੈਂਪ ਜਲੰਧਰ (ਜੇ ਪੀ ਬੀ ਨਿਊਜ਼ 24): ਰੈਡ ਕਰਾਸ ਸੁਸਾਇਟੀ ਵੱਲੋਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਅਤੇ ਵਿਸ਼ਵ ਖੂਨਦਾਤਾ ਦਿਵਸ ਮੌਕੇ ਗੈਰ ਸਰਕਾਰੀ ਸੰਗਠਨ ‘ਪਹਿਲ’ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।`ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਨੂੰ ਸਮਰਪਿਤ ਸਥਾਨਕ ਰੈਡ ਕਰਾਸ ਭਵਨ ਵਿਖੇ ਲਗਾਏ ਗਏ ਇਸ ਖੂਨਦਾਨ ਕੈਂਪ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਕਿਹਾ ਕਿ ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ, ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਖੂਨ ਦੀ ਇਕ-ਇਕ ਬੂੰਦ ਕੀਮਤੀ ਹੈ, ਜੋ ਕਿ ਕਿਸੇ ਮਰਦੇ ਹੋਏ ਵਿਅਕਤੀ ਨੂੰ ਜੀਵਨਦਾਨ ਦੇ ਸਕਦੀ ਹੈ। ਖੂਨ ਦਾਨੀਆਂ ਨੂੰ ਅਸਲ ਨਾਇਕ ਕਰਾਰ ਦਿੰਦਿਆਂ ਅਮਿਤ ਸਰੀਨ ਨੇ ਕਿਹਾ ਕਿ ਇਨ੍ਹਾਂ ਵੱਲੋਂ ਮਨੁੱਖਤਾ ਦੀ ਸੇਵਾ ਲਈ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਇਸ ਮੌਕੇ ਨੌਜਵਾਨਾਂ ਨੂੰ ਖੂਨ ਦਾਨ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਇਸ ਨੇਕ ਕਾਰਜ ਵਿੱਚ ਸਰਗਰਮ ਭਾਗੀਦਾਰ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਸਗੋਂ ਮਨ ਨੂੰ ਸਤੁੰਸ਼ਟੀ ਮਿਲਦੀ ਹੈ ਕਿ ਇਸ ਨਾਲ ਕਿਸੇ ਦੀ ਕੀਮਤੀ ਜਾਨ ਬਚ ਸਕੇਗੀ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਖੂਨ ਦਾਨੀਆਂ ਦਾ ਸਰਟੀਫਿਕੇਟ, ਹਾਈਜੀਨ ਕਿੱਟਾਂ ਅਤੇ ਬੂਟੇ ਦੇ ਕੇ ਸਨਮਾਨ ਕੀਤਾ ਗਿਆ । ਜਤਿੰਦਰ ਸੋਨੀ, ਜਿਨ੍ਹਾਂ ਵੱਲੋਂ ਅੱਜ 152ਵੀਂ ਵਾਰ ਖੂਨ ਦਾਨ ਕੀਤਾ ਗਿਆ, ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਿਵਲ ਹਸਪਤਾਲ ਜਲੰਧਰ ਦੇ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਅੱਜ ਦੇ ਇਸ ਕੈਂਪ ਵਿੱਚ 75 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਰਮਨ ਸ਼ਰਮਾ, ਡਾ. ਸੁਸ਼ਮਾ ਚਾਵਲਾ, ਡਾ. ਗੁਰਪਿੰਦਰ ਕੌਰ, ਰੈਡ ਕਰਾਸ ਸੁਸਾਇਟੀ ਦੇ ਸਕੱਤਰ ਇੰਦਰਦੇਵ ਮਿਨਹਾਸ ਆਦਿ ਮੌਜੂਦ ਸਨ।
ਖੂਨ ਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ: ਵਧੀਕ ਡਿਪਟੀ ਕਮਿਸ਼ਨਰ Read More »