ਸਾਂਸਦ ਨੇ ਕੁੱਕੜਪਿੰਡ ਵਿੱਚ ਕਰਵਾਏ ਗਏ 36ਵੇਂ ਯਾਦਗਾਰੀ ਖੇਡ ਮੇਲੇ ਵਿੱਚ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਆਉਣ ਦਾ ਸੱਦਾ ਦਿੱਤਾ।
ਜਲੰਧਰ, 11 ਮਾਰਚ, ਜਤਿਨ ਬੱਬਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਖੇਡ ਵਿਰਾਸਤ ਨੂੰ ਸੰਭਾਲਣ ਲਈ ਵਚਨਬੱਧ ਹੈ, ਜਿਸ ਤਹਿਤ ਲਗਾਤਾਰ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਪਿੰਡ ਕੁੱਕੜ ਵਿਖੇ ਕਰਵਾਏ ਗਏ 36ਵੇਂ ਸੰਤ ਬਾਬਾ ਗੁਰਬਖਸ਼ ਸਿੰਘ ਜੀ ਯਾਦਗਰੀ ਖੇਡ ਮੇਲੇ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਖੇਡ ਮੇਲਿਆਂ ਨੇ ਸਾਡੇ ਪੰਜਾਬ ਦੇ ਅਮੀਰ ਖੇਡ ਵਿਰਸੇ ਨੂੰ ਸੰਭਾਲ ਕੇ ਰੱਖਿਆ ਹੈ, ਜਿਸ ਰਾਹੀਂ ਨਵੀਂ ਪੀੜ੍ਹੀ ਸਾਡੇ ਇਸ ਵਡਮੁੱਲੇ ਵਿਰਸੇ ਤੋਂ ਜਾਣੂ ਹੋ ਸਕਦੀ ਹੈ। ਇਹ ਮੇਲਾ ਗੋਬਿੰਦ ਸਪੋਰਟਸ ਕਲੱਬ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਵਿੱਚ ਹਾਕੀ, ਫੁੱਟਬਾਲ, ਦੌੜ ਅਤੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਗਏ। ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਸਦੀਆਂ ਤੋਂ ਖੇਡਾਂ ਖਾਸ ਕਰਕੇ ਕੁਸ਼ਤੀ ਵਿੱਚ ਮੋਹਰੀ ਰਹੇ ਹਨ, ਇਸ ਲਈ ਅਜਿਹੇ ਸਮਾਗਮ ਹੁੰਦੇ ਰਹਿਣੇ ਸਮੇਂ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ-ਨਾਲ ਆਪਣੀ ਜ਼ਿੰਦਗੀ ਵਿੱਚ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਵ ਦੇਣ ਤਾਂ ਜੋ ਉਹ ਸਰੀਰਕ ਤੌਰ ’ਤੇ ਮਜ਼ਬੂਤ ਹੋ ਕੇ ਖਿਡਾਰੀ ਵਜੋਂ ਆਪਣਾ ਕੈਰੀਅਰ ਬਣਾ ਸਕਣ। ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਤਿੰਨ ਰੋਜ਼ਾ ਖੇਡ ਮੇਲੇ ਦੇ ਸਮਾਪਤੀ ਸਮਾਰੋਹ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਵੱਲੋਂ ਦਿਖਾਈ ਗਈ ਖੇਡ ਭਾਵਨਾ ਦੀ ਵੀ ਸ਼ਲਾਘਾ ਕੀਤੀ। ਰਿੰਕੂ ਨੇ ਕਿਹਾ ਕਿ ਖੇਡਾਂ ਨਾ ਸਿਰਫ਼ ਸਾਨੂੰ ਸਰੀਰਕ ਤੌਰ ‘ਤੇ ਮਜ਼ਬੂਤ ਬਣਾਉਂਦੀਆਂ ਹਨ ਸਗੋਂ ਸਾਨੂੰ ਅਨੁਸ਼ਾਸਨ ਅਤੇ ਟੀਮ ਭਾਵਨਾ ਵਰਗੇ ਜੀਵਨ ਦੇ ਅਹਿਮ ਸਬਕ ਵੀ ਸਿਖਾਉਂਦੀਆਂ ਹਨ। ਉਨ੍ਹਾਂ ਇਹ ਸਮਾਗਮ ਕਰਵਾਉਣ ਲਈ ਸਪੋਰਟਸ ਕਲੱਬ ਅਤੇ ਗ੍ਰਾਮ ਪੰਚਾਇਤ ਦਾ ਧੰਨਵਾਦ ਕੀਤਾ ਅਤੇ ਅਜਿਹੇ ਸਮਾਗਮਾਂ ਵਿੱਚ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ। https://youtu.be/DQMqNuvyEZ8 ਸੰਸਦ ਮੈਂਬਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾ ਵਤਨ ਪੰਜਾਬ ਦੀਆ ਵਰਗੇ ਵੱਡੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅਤੇ ਨਵੀਂ ਖੇਡ ਨੀਤੀ ਰਾਹੀਂ ਪੰਜਾਬ ਦੇ ਖਿਡਾਰੀਆਂ ਨੂੰ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਖੇਡ ਅਫ਼ਸਰ ਉਮੇਸ਼ ਸ਼ਰਮਾ, ਸੂਬੇਦਾਰ ਨਿਰੰਜਨ ਸਿੰਘ, ਭੁਪਿੰਦਰ ਸਿੰਘ ਬਾਹੀਆ, ਕਰਮਵੀਰ ਸਿੰਘ, ਬਲਵਿੰਦਰ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ |