ਮੇਅਰ ਵਿਨੀਤ ਧੀਰ ਨੇ ਜਲੰਧਰ ਨਾਰਥ ਵਿੱਚ ਵਿਕਾਸ ਕਾਰਜਾਂ ਨੂੰ ਦਿੱਤੀ ਰਫ਼ਤਾਰ, ਵਾਰਡ-80 ਵਿੱਚ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਕੀਤਾ ਉਦਘਾਟਨ
ਇੰਡਸਟਰੀਅਲ ਏਰੀਆ ਅਤੇ ਸ਼ਿਵ ਨਗਰ ਵਿੱਚ ਸ਼ੁਰੂ ਹੋਏ ਨਿਰਮਾਣ ਕਾਰਜ, ਕੌਂਸਲਰ ਅਸ਼ਵਨੀ ਅਗਰਵਾਲ ਸਮੇਤ ਇਲਾਕਾ ਨਿਵਾਸੀ ਰਹੇ ਮੌਜੂਦ

ਜਲੰਧਰ, 24 ਨਵੰਬਰ: ਜਲੰਧਰ ਨਾਰਥ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੇਅਰ ਵਿਨੀਤ ਧੀਰ ਨੇ ਅੱਜ ਵਾਰਡ ਨੰਬਰ-80 ਦੇ ਇੰਡਸਟਰੀਅਲ ਏਰੀਆ ਅਤੇ ਸ਼ਿਵ ਨਗਰ ਵਿੱਚ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਨਾਲ ਇਲਾਕਾ ਨਿਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਇੱਕ ਹੋਰ ਕਦਮ ਚੁੱਕਿਆ ਗਿਆ ਹੈ।
ਇਸ ਮੌਕੇ ਮੇਅਰ ਵਿਨੀਤ ਧੀਰ ਨੇ ਕਿਹਾ ਕਿ ਸ਼ਹਿਰ ਦੇ ਹਰੇਕ ਵਾਰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲ ਹੈ। ਗਲੀਆਂ ਦੇ ਨਿਰਮਾਣ ਨਾਲ ਸਥਾਨਕ ਨਿਵਾਸੀਆਂ ਨੂੰ ਆਵਾਜਾਈ ਵਿੱਚ ਸਹੂਲਤ ਮਿਲੇਗੀ ਅਤੇ ਇਲਾਕੇ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਹੋਵੇਗਾ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਕਾਰਜ ਯੋਜਨਾਬੱਧ ਤਰੀਕੇ ਨਾਲ ਕਰਵਾਏ ਜਾ ਰਹੇ ਹਨ। ਲੋਕਾਂ ਦੀਆਂ ਲੋੜਾਂ ਅਤੇ ਸਥਾਨਕ ਪੱਧਰ ‘ਤੇ ਮਿਲਣ ਵਾਲੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਤਾਂ ਜੋ ਹਰੇਕ ਵਾਰਡ ਵਿੱਚ ਬਰਾਬਰ ਤੌਰ ‘ਤੇ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਸਕੇ।

ਇਸ ਮੌਕੇ ਵਾਰਡ ਦੇ ਕੌਂਸਲਰ ਅਤੇ ਪੰਜਾਬ ਅਗਰਵਾਲ ਵੈਲਫੇਅਰ ਬੋਰਡ ਦੇ ਚੇਅਰਮੈਨ ਅਸ਼ਵਨੀ ਅਗਰਵਾਲ ਸਮੇਤ ਹੋਰ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਰਹੇ। ਸਥਾਨਕ ਲੋਕਾਂ ਨੇ ਗਲੀਆਂ ਦੇ ਨਿਰਮਾਣ ਕਾਰਜ ਸ਼ੁਰੂ ਹੋਣ ‘ਤੇ ਖੁਸ਼ੀ ਜ਼ਾਹਰ ਕਰਦਿਆਂ ਇਸ ਦਾ ਸਵਾਗਤ ਕੀਤਾ।