ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਜਲੰਧਰ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ 30 ਜੂਨ ਤੱਕ 4.68 ਕਰੋੜ ਦੇ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼
ਪੰਚਾਇਤ ਵਿਭਾਗ ਨੂੰ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਲਈ ਕਿਹਾ
ਜਲੰਧਰ (ਜੇ ਪੀ ਬੀ ਨਿਊਜ਼ 24 ) : ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਅੱਜ ਕਿਹਾ ਕਿ ਜ਼ਿਲ੍ਹੇ ਵਿੱਚ 4.68 ਕਰੋੜ ਰੁਪਏ ਦੀ ਲਾਗਤ ਨਾਲ ਸਤਲੁਜ ਦਰਿਆ ਦੇ ਨਾਲ-ਨਾਲ ਕਰਵਾਏ ਜਾ ਰਹੇ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਕਾਰਜ 30 ਜੂਨ ਤੱਕ ਮੁਕੰਮਲ ਕਰ ਲਏ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਇਸਮਾਈਲਪੁਰ, ਭਾਨੇਵਾਲ, ਤਲਵਣ ਡਰੇਨ, ਕੋਟ ਬਾਦਲ ਕਲਾਂ ਡਰੇਨ, ਤੇਹੰਗ ਡਰੇਨ, ਦਾਨੇਵਾਲ ਅਤੇ ਜ਼ਿਲ੍ਹੇ ਦੇ ਹੋਰ ਖੇਤਰਾਂ ਵਿੱਚ ਸਤਲੁਜ ਦਰਿਆ ਦੇ ਨਾਲ-ਨਾਲ ਸੁਰੱਖਿਆ ਦੇ ਇਹ ਕੰਮ ਜੰਗੀ ਪੱਧਰ ‘ਤੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਫਗਵਾੜਾ ਡਰੇਨੇਜ ਡਵੀਜ਼ਨ (ਜਲੰਧਰ) ਅਧੀਨ 3.04 ਕਰੋੜ ਦੇ ਕੰਮ ਚੱਲ ਰਹੇ ਹਨ ਅਤੇ ਜਲੰਧਰ ਡਰੇਨੇਜ ਡਵੀਜ਼ਨ ਵਿੱਚ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ 1.68 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਅਮਿਤ ਸਰੀਨ ਨੇ ਉਪ ਮੰਡਲ ਮੈਜਿਸਟ੍ਰੇਟ (ਐਸ.ਡੀ.ਐਮਜ਼) ਨੂੰ ਸਾਰੀਆਂ ਨਾਜ਼ੁਕ ਥਾਵਾਂ ਵਿਖੇ ਉਸਾਰੀ, ਸਫਾਈ ਅਤੇ ਮਜ਼ਬੂਤੀਕਰਨ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਲਈ ਕਿਹਾ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਾਜ਼ੁਕ ਥਾਵਾਂ ਨੂੰ ਮਜ਼ਬੂਤ ਕਰਨ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਲੋਕਾਂ ਨੂੰ ਆਉਣ ਵਾਲੇ ਬਰਸਾਤ ਦੇ ਮੌਸਮ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਚੱਲ ਰਹੇ ਕੰਮਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ 30 ਜੂਨ ਤੱਕ ਸਾਰੇ ਕੰਮ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਪੰਚਾਇਤ ਵਿਭਾਗ ਨੂੰ ਛੱਪੜਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਲਈ ਕਿਹਾ।
ਉਨ੍ਹਾਂ ਇਹ ਵੀ ਦੱਸਿਆ ਕਿ ਇੱਥੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇਗਾ ਅਤੇ 1 ਜੁਲਾਈ, 2022 ਤੋਂ ਇਸ ਕੰਟਰੋਲ ਰੂਮ ਦੇ ਸੰਚਾਲਨ ਲਈ ਸਟਾਫ਼ ਦਾ ਇੱਕ ਡਿਊਟੀ ਰੋਸਟਰ ਵੀ ਤਿਆਰ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿੱਚ ਨਿਕਾਸੀ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਸੰਵੇਦਨਸ਼ੀਲ ਥਾਵਾਂ ਦੇ ਨਾਲ-ਨਾਲ ਸੁਰੱਖਿਅਤ ਥਾਵਾਂ ਦੀ ਪਛਾਣ ਵੀ ਕਰ ਲਈ ਗਈ ਹੈ, ਜਿਥੇ ਲੋੜ ਪੈਣ ‘ਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਤਬਦੀਲ ਕੀਤਾ ਜਾਵੇਗਾ।
ਇਸ ਮੌਕੇ ਐਸ.ਡੀ.ਐਮ. ਬਲਬੀਰ ਰਾਜ ਸਿੰਘ, ਲਾਲ ਵਿਸ਼ਵਾਸ ਬੈਂਸ, ਰਨਦੀਪ ਸਿੰਘ ਹੀਰ, ਕਾਰਜਕਾਰੀ ਇੰਜੀਨੀਅਰ ਹਰਜੋਤ ਸਿੰਘ ਵਾਲੀਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।