JPB NEWS 24

Headlines

DC ਵੱਲੋਂ ਸਖ਼ਤ ਚੇਤਾਵਨੀ ਤੋਂ ਡਰੇ 2 ਕਲੋਨਾਈਜ਼ਰਾਂ ਨੇ JDA ਨੂੰ ਜਮ੍ਹਾ ਕਰਵਾਏ 8.10 ਲੱਖ ਰੁਪਏ

DC ਵੱਲੋਂ ਸਖ਼ਤ ਚੇਤਾਵਨੀ ਤੋਂ ਡਰੇ 2 ਕਲੋਨਾਈਜ਼ਰਾਂ ਨੇ JDA ਨੂੰ ਜਮ੍ਹਾ ਕਰਵਾਏ 8.10 ਲੱਖ ਰੁਪਏ

Disclaimer : यह खबर सोशल मीडिया के माध्यम से प्राप्त हुई है। JPB News 24 इस खबर की आधिकारिक तौर पर पुष्टि नहीं करता है। अधिक जानकारी के लिए आप हमें संपर्क कर सकते हैं

ਜਲੰਧਰ( ਜੇ ਪੀ ਬੀ ਨਿਊਜ਼ 24): ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਅਗਵਾਈ ਹੇਠ ਜਲੰਧਰ ਪ੍ਰਸ਼ਾਸਨ ਵੱਲੋਂ ਨਾਜਾਇਜ਼ ਕਲੋਨੀਆਂ ਖਿਲਾਫ਼ ਅਪਣਾਏ ਸਖ਼ਤ ਰੁਖ ਤੋਂ ਬਾਅਦ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਨੂੰ ਉਨ੍ਹਾਂ ਕਲੋਨਾਈਜ਼ਰਾਂ ਪਾਸੋਂ 8.10 ਲੱਖ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ, ਜਿਨ੍ਹਾਂ ਦੀਆਂ ਕਾਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਅਰਜ਼ੀਆਂ ਵਿਭਾਗ ਪਾਸ ਲੰਬਿਤ ਸਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਦੋ ਕਲੋਨਾਈਜ਼ਰਾਂ ਵੱਲੋਂ ਕੁੱਲ 8.10 ਲੱਖ ਰੁਪਏ ਜਮ੍ਹਾ ਕਰਵਾਏ ਗਏ ਹਨ, ਜਿਨ੍ਹਾਂ ਦੀਆਂ ਅਰਜ਼ੀਆਂ ਅਥਾਰਟੀ ਵੱਲੋਂ ਪ੍ਰਵਾਨਗੀ ਲਈ ਪ੍ਰਕਿਰਿਆ ਅਧੀਨ ਸਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਗੈਰ-ਕਾਨੂੰਨੀ/ਅਣ-ਅਧਿਕਾਰਤ ਕਲੋਨੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਵਿਭਾਗ ਨੂੰ ਅਜਿਹੀਆਂ 99 ਕਲੋਨੀਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਲਈ ਕਿਹਾ ਗਿਆ ਹੈ, ਜੋ ਗੈਰ-ਕਾਨੂੰਨੀ ਢੰਗ ਨਾਲ ਕੱਟੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਗੈਰ-ਕਾਨੂੰਨੀ ਕਲੋਨੀਆਂ ਕਾਰਨ ਨਾ ਸਿਰਫ਼ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ ਸਗੋਂ ਲੋਕਾਂ ਨਾਲ ਵੀ ਧੋਖਾਧੜੀ ਹੋ ਰਹੀ ਹੈ ਕਿਉਂਕਿ ਇਨ੍ਹਾਂ ਕਲੋਨੀਆਂ ਦੇ ਵਸਨੀਕਾਂ ਨੂੰ ਬਿਜਲੀ, ਸੜਕ, ਪੀਣ ਵਾਲੇ ਪਾਣੀ, ਸੀਵਰੇਜ ਸਿਸਟਮ ਸਮੇਤ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਅਜਿਹੀਆਂ ਸਾਰੀਆਂ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਸਖ਼ਤ ਕਾਰਵਾਈ ਕਰਨ ਦੀ ਪ੍ਰਸ਼ਾਸਨ ਦੀ ਵਚਨਬੱਧਤਾ ਵੀ ਦੁਹਰਾਈ।
ਇਸ ਦੌਰਾਨ ਉਨ੍ਹਾਂ ਕਾਲੋਨਾਈਜ਼ਰਾਂ ਨੂੰ ਅਪੀਲ ਵੀ ਕੀਤੀ ਕਿ ਉਹ ਵਿਭਾਗ ਕੋਲ ਲੋੜੀਂਦੀਆਂ ਫੀਸਾਂ ਅਤੇ ਹੋਰ ਦਸਤਾਵੇਜ਼ ਜਮ੍ਹਾ ਕਰਵਾ ਕੇ ਆਪਣੀਆਂ ਪ੍ਰਕਿਰਿਆ ਅਧੀਨ ਅਰਜ਼ੀਆਂ ਨੂੰ ਮੁਕੰਮਲ ਕਰਨ ਲਈ ਤੁਰੰਤ ਜੇ.ਡੀ.ਏ. ਕੋਲ ਪਹੁੰਚ ਕਰਨ ਅਤੇ ਅਜਿਹਾ ਨਾ ਕਰਨ ‘ਤੇ ਉਨ੍ਹਾਂ ਦੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਜਾਣਗੀਆਂ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸਬੰਧਤ ਕਲੋਨਾਈਜ਼ਰ ਆਪਣੀਆਂ ਬਕਾਇਆ ਦਰਖਾਸਤਾਂ ਦੇ ਸਬੰਧ ਵਿੱਚ ਜੇ.ਡੀ.ਏ. ਦੇ ਅਸਟੇਟ ਅਫ਼ਸਰ ਚੰਦਰ ਸ਼ੇਖਰ ਨਾਲ ਉਨ੍ਹਾਂ ਦੇ ਮੋਬਾਈਲ ਨੰਬਰ 81960-40008 ‘ਤੇ ਸੰਪਰਕ ਕਰ ਸਕਦੇ ਹਨ ਤਾਂ ਜੋ ਉਹ ਸਮੁੱਚੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰ ਸਕਣ।