ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹਰਿਮੰਦਰ ਸਾਹਿਬ ਦੀ ਸਜਾਵਟ
ਅੱਜ ਸ਼ਾਮ ਨੂੰ ਦੀਪਮਾਲਾ ਅਤੇ ਆਤਿਸ਼ਬਾਜੀ ਕੀਤੀ ਜਾਵੇਗੀ
ਅੰਮ੍ਰਿਤਸਰ (ਜੇ ਪੀ ਬੀ ਨਿਊਜ਼ 24 ) : ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਨੇ ਅੱਜ ਦੇ ਦਿਨ 1604 ਈਸਵੀ ਨੂੰ ਹਰਿਮੰਦਰ ਸਾਹਿਬ ਵਿਖੇ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ। ਉਦੋਂ ਤੋਂ ਹਰ ਸਾਲ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਂਦਾ ਹੈ। ਇਸ ਦਿਨ ਸਵੇਰੇ ਹਰਿਮੰਦਰ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ ਜਾਵੇਗਾ।ਸ਼੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਨੂੰ ਸਜਾਇਆ ਗਿਆ ਹੈ।ਇਸ ਪਵਿੱਤਰ ਤਿਉਹਾਰ ਨੂੰ ਮਨਾਉਣ ਲਈ ਅੱਜ ਪੂਰੇ ਹਰਿਮੰਦਰ ਸਾਹਿਬ ਨੂੰ ਸੁਗੰਧਿਤ ਫੁੱਲਾਂ ਨਾਲ ਸਜਾਇਆ ਗਿਆ ਹੈ। ਸਜਾਵਟ ਲਈ 115 ਕਿਸਮਾਂ ਦੇ 110 ਟਨ ਫੁੱਲ ਲਗਾਏ ਗਏ ਹਨ।
ਸੁੰਦਰ ਫੁੱਲਾਂ ਅਤੇ ਲਾਈਟਾਂ ਨਾਲ ਸਜੇ ਸ੍ਰੀ ਹਰਿਮੰਦਰ ਸਾਹਿਬ ਦੀ ਸੁੰਦਰਤਾ ਦੇਖਿਆਂ ਹੀ ਬਣਦੀ ਹੈ। ਅੱਜ ਸ਼ਾਮ ਨੂੰ ਹਰਿਮੰਦਰ ਸਾਹਿਬ ਵਿੱਚ ਦੀਪਮਾਲਾ ਵੀ ਕੀਤੀ ਜਾਵੇਗੀ ਅਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ, ਜਿਸ ਨੂੰ ਦੇਖਣ ਲਈ ਲੱਖਾਂ ਦੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ। ਸ਼ਨੀਵਾਰ ਨੂੰ ਵੀ 2 ਲੱਖ ਤੋਂ ਵੱਧ ਲੋਕਾਂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਸੀ।