ਵਿਧਾਇਕ ਬਲਕਾਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਕੀਤਾ ਉਤਸ਼ਾਹਿਤ
ਕਿਹਾ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਤੇ ਫ਼ਸਲੀ ਵਿਭਿੰਨਤਾ ਲਈ ਕੀਤੇ ਜਾ ਰਹੇ ਠੋਸ ਉਪਰਾਲੇ – ਲੱਲੀਆਂ ਕਲਾਂ ਵਿਖੇ ਡੀ.ਐਸ.ਆਰ. ਤਕਨੀਕ ਰਾਹੀਂ ਪ੍ਰਦਰਸ਼ਨੀ ਪਲਾਟ ਦੀ ਬਿਜਾਈ ਮੌਕੇ ਕੀਤੀ ਸ਼ਿਰਕਤ
ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਡੀ.ਐਸ.ਆਰ. ਤਕਨੀਕ ਅਪਨਾਉਣ ’ਤੇ ਐਲਾਨੀ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਾ ਲਾਭ ਲੈਣ ਦਾ ਦਿੱਤਾ ਸੱਦਾ
ਜਲੰਧਰ ( ਜੇ ਪੀ ਬੀ ਨਿਊਜ਼ 24 ) : ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੇ ਅੱਜ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਖਾਤਰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਦਿਆਂ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਡੀ.ਐਸ.ਆਰ. ਤਕਨੀਕ ਅਪਨਾਉਣ ਵਾਲੇ ਕਿਸਾਨਾਂ ਲਈ ਐਲਾਨੀ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਾ ਲਾਭ ਲੈਣ ਦਾ ਸੱਦਾ ਦਿੱਤਾ।
ਅੱਜ ਇਥੇ ਪਿੰਡ ਲੱਲੀਆਂ ਕਲਾਂ ਵਿਖੇ ਡੀ.ਐਸ.ਆਰ. ਤਕਨੀਕ ਰਾਹੀਂ ਝੋਨੇ ਦੇ ਪ੍ਰਦਰਸ਼ਨੀ ਪਲਾਟ ਦੀ ਬਿਜਾਈ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਅਪਨਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦੇਣ ਦਾ ਸ਼ਲਾਘਾਯੋਗ ਫੈਸਲਾ ਕੀਤਾ ਗਿਆ ਹੈ, ਜਿਸ ਨਾਲ ਜਿਥੇ ਕਿਸਾਨਾਂ ਨੂੰ ਵਿੱਤੀ ਮਦਦ ਮਿਲੇਗੀ ਉਥੇ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬੇ ਵਿੱਚ ਵੀ ਵਾਧਾ ਹੋਵੇਗਾ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਲਈ ਠੋਸ ਉਪਰਾਲੇ ਕਰਨ ਦੇ ਨਾਲ-ਨਾਲ ਫ਼ਸਲੀ ਵਿਭਿੰਨਤਾ ਲਈ ਵੀ ਸੰਜੀਦਾ ਯਤਨ ਕੀਤੇ ਜਾ ਰਹੇ ਹਨ।
ਵਿਧਾਇਕ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਨੀਵੇਂ ਹੁੰਦੇ ਜਾ ਰਹੇ ਪੱਧਰ ਦੀ ਗੰਭੀਰਤਾ ਨੂੰ ਸਮਝਦਿਆਂ ਵੱਧ ਤੋਂ ਵੱਧ ਰਕਬੇ ‘ਚ ਝੋਨੇ ਦੀ ਸਿੱਧੀ ਬਿਜਾਈ ਕਰਨਾ ਸਮੇਂ ਦੀ ਵਡੇਰੀ ਲੋੜ ਬਣ ਗਈ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿੱਥੇ ਧਰਤੀ ਹੇਠਲਾ ਪਾਣੀ ਬਚਾਇਆ ਜਾ ਸਕਦਾ ਹੈ ਉੱਥੇ ਕਿਸਾਨਾਂ ਦੀ ਮਿਹਨਤ ਅਤੇ ਮਜ਼ਦੂਰੀ ’ਤੇ ਲਾਗਤ ਵੀ ਘੱਟ ਆਉਂਦੀ ਹੈ। ਉਨ੍ਹਾਂ ਕਿਹਾ ਕਿ ਖੇਤੀ ਮਾਹਰਾਂ ਅਨੁਸਾਰ ਇੱਕ ਕਿਲੋ ਚਾਵਲ ਪੈਦਾ ਕਰਨ ਵਾਸਤੇ ਤਕਰੀਬਨ 3700 ਲੀਟਰ ਪਾਣੀ ਦੀ ਖਪਤ ਹੁੰਦੀ ਹੈ ਜਦਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 20 ਫੀਸਦੀ ਤੱਕ ਪਾਣੀ ਦੀ ਬੱਚਤ ਹੁੰਦੀ ਹੈ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਇਸ ਵਿਧੀ ਨੂੰ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਵਿਧਾਇਕ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰੇਕ ਝੋਨਾ ਬੀਜਣ ਵਾਲੇ ਕਿਸਾਨ ਨੂੰ ਚਾਹੀਦਾ ਹੈ ਕਿ ਉਹ ਆਪਣੇ ਝੋਨੇ ਹੇਠ ਬੀਜੇ ਜਾਂਦੇ ਕੁੱਲ ਰਕਬੇ ਦਾ ਇੱਕ ਤਿਹਾਈ ਹਿੱਸਾ ਸਿੱਧੀ ਬਿਜਾਈ ਵਾਲੀ ਤਕਨੀਕ ਹੇਠ ਲੈ ਕੇ ਆਵੇ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਵਿਭਾਗ ਵੱਲੋਂ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਪਹੁੰਚ ਕਰਦੇ ਹੋਏ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਜਿਥੇ ਨੁੱਕੜ ਮੀਟਿੰਗਾਂ ਅਤੇ ਧਾਰਮਿਕ ਸਥਾਨਾਂ ਰਾਹੀਂ ਅਨਾਊਂਸਮੈਂਟਾਂ ਕਰ ਕੇ ਕਿਸਾਨਾਂ ਨੂੰ ਡੀ.ਐਸ.ਆਰ ਤਕਨੀਕ ਅਤੇ ਇਸ ਨੂੰ ਅਪਨਾਉਣ ’ਤੇ ਮਿਲਣ ਵਾਲੀ ਸਹਾਇਤਾ ਰਾਸ਼ੀ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ ਉਥੇ ਇਸ ਵਿਧੀ ਵਿੱਚ ਕਾਮਯਾਬੀ ਹਾਸਲ ਕਰਨ ਵਾਲੇ ਕਿਸਾਨਾਂ ਦੀਆਂ ਸਫ਼ਲਤਾ ਦੀਆਂ ਕਹਾਣੀਆਂ ਵੀ ਸੋਸ਼ਲ ਮੀਡੀਆਂ ਰਾਹੀਂ ਕਿਸਾਨਾਂ ਨਾਲ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਖੇਤੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਇਸ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰ ਚੁੱਕੇ ਲਗਭਗ 1200 ਏਕੜ ਰਕਬੇ ਦੇ ਕਿਸਾਨਾਂ ਦੇ ਨਾਮ ਸਹਾਇਤਾ ਰਾਸ਼ੀ ਦੀ ਵੰਡ ਵਾਸਤੇ ਸਬੰਧਤ ਪੋਰਟਲ ’ਤੇ ਅਪਲੋਡ ਕੀਤੇ ਜਾ ਚੁੱਕੇ ਹਨ। ਸਰਕਾਰ ਦੇ ਹੁਕਮਾਂ ਅਨੁਸਾਰ ਵਿਭਾਗੀ ਖੇਤੀ ਪਸਾਰ ਸਟਾਫ਼ ਵੱਲੋਂ ਛੁੱਟੀ ਵਾਲੇ ਦਿਨਾਂ ਵਿੱਚ ਵੀ ਪਿੰਡਾ ਵਿੱਚ ਕੰਮ ਕਰਦਿਆਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਝੋਨੇ ਦੀ ਸਿੱਧੀ ਬੀਜਾਈ ਕਰ ਚੁੱਕੇ ਕਿਸਾਨਾਂ ਦੇ ਨਾਮ ਪੋਰਟਲ ’ਤੇ ਅਪਲੋਡ ਕਰਵਾਏ ਜਾ ਰਹੇ ਹਨ ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਾਇੰਸਦਾਨ ਡਾ. ਮਨਿੰਦਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਲੱਕੀ ਸੀਡ ਡਰਿੱਲ ਰਾਹੀਂ ਬਿਜਾਈ ਅਤੇ ਨਦੀਨਨਾਸ਼ਕ ਦੇ ਨਾਲੋ-ਨਾਲ ਸਪਰੇਅ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਇਲਾਕੇ ਦੇ ਉਘੇ ਕਿਸਾਨ ਗੁਰਵਿੰਦਰ ਸਿੰਘ,ਤੇਜਪਾਲ ਸਿੰਘ,ਬਲਕਾਰ ਸਿੰਘ, ਤੇਜਿੰਦਰ ਸਿੰਘ, ਭੁਪਿੰਦਰ ਸਿੰਘ ਨੰਬਰਦਾਰ, ਗੁਰਜਿੰਦਰ ਸਿੰਘ, ਬਲਰਾਜ ਸਿੰਘ (ਸਾਰੇ ਪਿੰਡ ਲੱਲੀਆਂ ਕਲਾਂ) ਅਤੇ ਅਵਤਾਰ ਸਿੰਘ ਤੇ ਓਂਕਾਰ ਸਿੰਘ ਪਿੰਡ ਸੰਮੀਪੁਰ ਨੇ ਕਿਹਾ ਕਿ ਉਹ ਇਸ ਸਾਲ ਜ਼ਰੂਰ ਮਾਹਰਾਂ ਦੀ ਸਲਾਹ ਅਨੁਸਾਰ ਕੁੱਝ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣਗੇ।
ਇਸ ਮੌਕੇ ਡਾ.ਅਰੁਣ ਕੋਹਲੀ, ਬਲਾਕ ਜਲੰਧਰ ਪੱਛਮੀ ਅਧੀਨ ਕੰਮ ਕਰ ਰਿਹਾ ਸਟਾਫ਼ ਅਤੇ ਡੀ ਐਸ ਆਰ ਤਹਿਤ ਕੰਮ ਕਰ ਰਹੇ ਨੋਡਲ ਅਫਸਰ ਵੀ ਮੌਜੂਦ ਸਨ।