ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਜਲੰਧਰ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ 500 ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ
ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਸਮਾਗਮ ’ਚ ਲੋਕਾਂ ਨੂੰ ਚੌਗਿਰਦੇ ਨੂੰ ਸਾਫ-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਦਿੱਤਾ ਸੱਦਾ
ਜਲੰਧਰ ( ਜੇ ਪੀ ਬੀ ਨਿਊਜ਼ 24 ) : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ 500 ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਵਾਤਾਵਰਣ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਸੱਦਾ ਦਿੱਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਉਪਰਾਲੇ ਤਹਿਤ ਅੱਜ 250 ਬੂਟੇ ਲਾ ਕੇ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ 250 ਬੂਟੇ ਹੋਰ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੂਟਿਆਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਕੰਪਲੈਕਸ ਵਿੱਚ ਕੰਮ ਕਰਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸੌਂਪੀ ਗਈ ਹੈ, ਜਿਨ੍ਹਾਂ ਦੇ ਨਾਮ ਵਾਲੀਆਂ ਤਖ਼ਤੀਆਂ ਬੂਟਿਆਂ ਦੇ ਨਾਲ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਅਧਿਕਾਰੀ/ਕਰਮਚਾਰੀਆਂ ਨੂੰ ਬੂਟਿਆਂ ਦੇ ਸਹੀ ਵਿਕਾਸ ਲਈ ਇਨ੍ਹਾਂ ਦੀ ਸਹੀ ਸੰਭਾਲ ਨੂੰ ਯਕੀਨੀ ਬਣਾਉਣ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜੋਕੇ ਸਮੇਂ ਪ੍ਰਦੂਸ਼ਣ ਅਤੇ ਆਲਮੀ ਤਪਿਸ਼ ਦੀ ਸਮੱਸਿਆ ਗੰਭੀਰ ਰੂਪ ਅਖਤਿਆਰ ਕਰਦੀ ਜਾ ਰਹੀ ਹੈ ਅਤੇ ਇਸ ਸਮੱਸਿਆ ਦੇ ਹੱਲ ਲਈ ਧਰਤੀ, ਹਵਾ ਅਤੇ ਪਾਣੀ ਨੂੰ ਸੰਭਾਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਕੁਦਰਤੀ ਸੋਮੇ ਸਿਹਤਮੰਦ ਰਹਿਣਗੇ ਤਾਂ ਹੀ ਅਸੀਂ ਨਰੋਈ ਅਤੇ ਅਰੋਗ ਜ਼ਿੰਦਗੀ ਬਸਰ ਕਰ ਸਕਾਂਗੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਕੁਦਰਤੀ ਸਾਧਨਾਂ ਦੀ ਸੰਭਾਲ ਅਤੇ ਯੋਗ ਵਰਤੋਂ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਵੱਛ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਸੂਬਾ ਬਣਾਉਣ ਲਈ ਕਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਾਡਾ ਵੀ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਵੀ ਚੌਗਿਰਦੇ ਦੀ ਸੰਭਾਲ ਲਈ ਸੁਹਿਰਦ ਯਤਨ ਕਰੀਏ। ਜ਼ਿਲ੍ਹਾ ਵਾਸੀਆਂ ਨੂੰ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਘਨਸ਼ਿਆਮ ਥੋਰੀ ਨੇ ਕਿਹਾ ਕਿ ਪਲਾਸਟਿਕ ਨੂੰ ਨਾਂਹ, ਰੋਜ਼ਾਨਾ ਜੀਵਨ ਵਿੱਚ ਵਾਤਾਵਰਣ ਪੱਖੀ ਵਸਤਾਂ ਨੂੰ ਹਾਂ, ਸਾਫ਼ ਊਰਜਾ ਆਵਾਜਾਈ ਸਾਧਨਾਂ ਦੀ ਵਰਤੋਂ ਅਤੇ ਬਾਲਣ ਅਧਾਰਿਤ ਵਾਹਨਾਂ ਦੀ ਘੱਟ ਤੋਂ ਘੱਟ ਵਰਤੋਂ ਕਰਕੇ ਅਸੀਂ ਵਾਤਾਵਰਣ ਪੱਖੀ ਕਦਮ ਚੁੱਕ ਸਕਦੇ ਹਾਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ, ਐਸ.ਡੀ.ਐਮ. ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਨਾਜਰ ਨਰੇਸ਼ ਕੁਮਾਰ ਕੌਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।